News, Views and Information about NRIs.

A NRI Sabha of Canada's trusted source of News & Views for NRIs around the World.



March 11, 2012

ਹੁਣ ਚੱਪੜਚਿੜੀ ਜੰਗੀ ਯਾਦਗਾਰ ਦੇ ਅੰਦਰ ਹੋਵੇਗਾ ਨਵੀਂ ਵਜ਼ਾਰਤ ਦਾ ਹਲਫ਼ਦਾਰੀ ਸਮਾਗਮ


ਮੁੱਖ ਮੰਤਰੀ ਸਣੇ ਕਈ ਸੀਨੀਅਰ ਆਗੂ 14 ਮਾਰਚ ਨੂੰ ਸਹੁੰ ਚੁੱਕਣਗੇ

* ਮਜੀਠੀਆ, ਚੀਮਾ, ਕੰਗ ਨੇ ਲਿਆ ਤਿਆਰੀ ਪ੍ਰਬੰਧਾਂ ਦਾ ਜਾਇਜ਼ਾ  * 20 ਹਜ਼ਾਰ ਲੋਕਾਂ ਦੇ ਬੈਠਣ ਦਾ ਇੰਤਜ਼ਾਮ

ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ
ਦਰਸ਼ਨ ਸਿੰਘ ਸੋਢੀ
ਮੁਹਾਲੀ, 11 ਮਾਰਚ 

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਵਿੱਚ ਦੁਬਾਰਾ ਬਣਨ ਜਾ ਰਹੀ ਅਕਾਲੀ-ਭਾਜਪਾ ਗਠਜੋੜ ਸਰਕਾਰ ਦੇ ਹਲਫ਼ਦਾਰੀ ਸਮਾਗਮ ਦਾ ਸਥਾਨ ਬਦਲ ਦਿੱਤਾ ਗਿਆ ਹੈ। ਹੁਣ ਇਹ ਸਮਾਗਮ ਇੱਥੋਂ ਦੇ ਇਤਿਹਾਸਕ ਨਗਰ ਚੱਪੜਚਿੜੀ (ਸੈਕਟਰ-91) ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਜੰਗੀ ਯਾਦਗਾਰ ਦੇ ਅੰਦਰ ਹੋਵੇਗਾ। ਪਹਿਲਾਂ ਇਹ ਸਮਾਗਮ ਯਾਦਗਾਰ ਦੇ ਬਾਹਰ ਖੁੱਲ੍ਹੇ ਪੰਡਾਲ ਵਿੱਚ ਕਰਵਾਇਆ ਜਾਣਾ ਸੀ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਅਕਾਲੀ ਦਲ ਦੇ ਆਗੂਆਂ ਵੱਲੋਂ ਸਬੰਧਤ ਜ਼ਮੀਨ ਵਿੱਚ ਟੈਂਟ ਲਗਾਉਣ ਦਾ ਕੰਮ ਵੀ ਸ਼ੁਰੂ ਕਰਵਾ ਦਿੱਤਾ ਗਿਆ ਸੀ। ਅਧਿਕਾਰੀ ਅਤੇ ਆਗੂ ਹੁਣ ਯਾਦਗਾਰ ਦੇ ਅੰਦਰ ਤਿਆਰੀਆਂ ਵਿੱਚ ਜੁਟ ਗਏ ਹਨ। ਸਮਾਗਮ ’ਚ ਪੁੱਜਣ ਵਾਲੇ ਕਰੀਬ 20 ਹਜ਼ਾਰ ਤੋਂ ਵੱਧ ਲੋਕਾਂ ਦੇ ਬੈਠਣ ਦਾ ਇੰਤਜ਼ਾਮ ਕੀਤਾ ਗਿਆ ਹੈ। ਵੀ.ਵੀ.ਆਈ.ਪੀਜ਼. ਦੀ ਸੁਰੱਖਿਆ ਅਤੇ ਸਹੂਲਤ ਦੇ ਮੱਦੇਨਜ਼ਰ ਪੰਜ ਹੈਲੀਪੈਡ ਬਣਾਏ ਗਏ ਹਨ ਅਤੇ ਵੱਖ-ਵੱਖ ਪ੍ਰਵੇਸ਼ ਦੁਆਰਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਬਿਕਰਮ ਸਿੰਘ ਮਜੀਠੀਆ, ਪਾਰਟੀ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ, ਸੀਨੀਅਰ ਮੀਤ ਪ੍ਰਧਾਨ ਤੇ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਕਿਰਨਬੀਰ ਸਿੰਘ ਕੰਗ ਅਤੇ ਹੋਰਨਾਂ ਸੀਨੀਅਰ ਆਗੂਆਂ ਨੇ ਅੱਜ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।  ਉਨ੍ਹਾਂ ਜੰਗੀ ਯਾਦਗਾਰ ਵਾਲੀ ਥਾਂ ’ਤੇ ਸਥਿਤ ਸੂਚਨਾ ਕੇਂਦਰ ਵਿਖੇ ਅਕਾਲੀ ਦਲ ਦੇ ਆਗੂਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿੱਜੀ ਦਖ਼ਲ ਕਾਰਨ ਸਮਾਗਮ ਵਾਲੀ ਥਾਂ ਤਬਦੀਲ ਕੀਤੀ ਗਈ ਹੈ। ਸ੍ਰੀ ਬਾਦਲ ਨੇ ਸਮਾਗਮ ਦੀਆਂ ਤਿਆਰੀਆਂ ਵਿੱਚ ਜੁਟੀ ਟੀਮ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਇਹ ਸਮਾਗਮ ਚੱਪੜਚਿੜੀ ਜੰਗੀ ਯਾਦਗਾਰ ਦੇ ਅੰਦਰ ਕੀਤਾ ਜਾਵੇ ਤਾਂ ਜੋ ਪੰਜਾਬ ਸਮੇਤ ਹੋਰ ਸੂਬਿਆਂ ਤੋਂ ਇੱਥੇ ਪੁੱਜਣ ਵਾਲੇ ਆਗੂ ਅਤੇ ਲੋਕ ਇਸ ਯਾਦਗਾਰ ਨੂੰ ਨੇੜਿਓਂ ਦੇਖ ਕੇ ਸਿੱਖ ਇਤਿਹਾਸ ਅਤੇ ਸ਼ਹੀਦ ਸਿੰਘਾਂ ਦੀਆਂ ਕੁਰਬਾਨੀਆਂ ਤੋਂ ਵਾਕਫ਼ ਹੋ ਸਕਣ। ਇਸ ਤੋਂ ਇਲਾਵਾਂ ਸਮਾਗਮ ਨੂੰ ਚਾਰ-ਚੁਫੇਰਿਓਂ ਖੁੱਲ੍ਹਾ ਰੱਖਣ ਲਈ ਆਖਿਆ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਕਿਰਨਬੀਰ ਸਿੰਘ ਕੰਗ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਦੇਸ਼-ਵਿਦੇਸ਼ ’ਚੋਂ ਵੱਡੀ ਗਿਣਤੀ ਲੋਕਾਂ ਅਤੇ ਦੇਸ਼ ਭਰ ਦੀਆਂ ਉੱਘੀਆਂ ਰਾਜਸੀ ਸ਼ਖ਼ਸੀਅਤਾਂ ਦੇ ਪੁੱਜਣ ਦੀ ਸੰਭਾਵਨਾ ਹੈ। ਸਮਾਗਮ ਦੀ ਸਫਲਤਾ ਸਬੰਧੀ ਪਾਰਟੀ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਅਤੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸਹੁੰ ਚੁੱਕ ਸਮਾਗਮ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਗਡਕਰੀ, ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਅਰੁਣ ਜੇਤਲੀ, ਭਾਜਪਾ ਦੇ ਸਾਬਕਾ ਪ੍ਰਧਾਨ ਰਾਜ ਨਾਥ ਸਿੰਘ, ਲੋਕ ਸਭਾ ’ਚ ਵਿਰੋਧੀ ਧਿਰ ਦੀ ਨੇਤਾ ਸ੍ਰੀਮਤੀ ਸੁਸ਼ਮਾ ਸਵਰਾਜ, ਭਾਜਪਾ ਆਗੂ ਸ਼ਾਂਤਾ ਕੁਮਾਰ, ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ, ਉਨ੍ਹਾਂ ਦੇ ਪਿਤਾ ਫਾਰੂਕ ਅਬਦੁੱਲਾ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਛੱਤੀਸਗੜ੍ਹ ਦੇ ਡਾ. ਰਮਨ ਕੁਮਾਰ, ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਸਿੰਧੀਆ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਗੁਜਰਾਤ ਦੇ ਮੁੱਖ ਮੰਤਰੀ ਨਰਿੰਦਰ ਮੋਦੀ, ਬਿਹਾਰ ਦੇ ਮੁੱਖ ਮੰਤਰੀ ਨਤੀਸ਼ ਕੁਮਾਰ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਵੀ ਸਮਾਗਮ ਵਿੱਚ ਸ਼ਿਰਕਤ ਕਰਨ ਸਬੰਧੀ ਸੱਦਾ ਪੱਤਰ ਭੇਜਿਆ ਗਿਆ ਹੈ ਜਦਕਿ ਤਾਮਿਲਨਾਡੂ ਦੀ ਮੁੱਖ ਮੰਤਰੀ ਜੈਲਲਿਤਾ ਨੇ ਜਿਮਨੀ ਚੋਣਾਂ ਵਿੱਚ ਰੁੱਝੇ ਹੋਣ ਦੀ ਦੁਹਾਈ ਦੇ ਕੇ ਸਮਾਗਮ ਵਿੱਚ ਨਾ ਪੁੱਜ ਸਕਣ ਦੀ ਮਜਬੂਰੀ ਪ੍ਰਗਟ ਕਰਦਿਆਂ ਸ੍ਰੀ ਬਾਦਲ ਨੂੰ ਜਿੱਤ ਲਈ ਮੁਬਾਰਕਬਾਦ ਦਿੱਤੀ ਹੈ।
ਡਾ. ਚੀਮਾ ਨੇ ਦੱਸਿਆ ਕਿ ਵੀ.ਵੀ.ਆਈ.ਪੀਜ਼ ਦੀ ਸੁਰੱਖਿਆ ਲਈ ਪੰਜਾਬ ਪੁਲੀਸ ਦੇ ਮੁਖੀ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ।

No comments:

Post a Comment