ਸਿੱਖਿਆ ਮੰਤਰੀ ਦੀ ਅਗਵਾਈ 'ਚ ਦਿੱਲੀ ਕਮੇਟੀ ਦੇ ਵਫ਼ਦ ਵੱਲੋਂ ਉਪ-ਰਾਜਪਾਲ ਨਾਲ ਮੁਲਾਕਾਤ ਨਵੀਂ ਦਿੱਲੀ, 15 ਫਰਵਰੀ (ਜਗਤਾਰ ਸਿੰਘ)-ਨਵੰਬਰ '84 ਦੇ ਦੌਰਾਨ ਹੋਏ ਸਿੱਖਾਂ ਦੇ ਕਤਲਾਂ ਲਈ ਜ਼ਿੰਮੇਵਾਰ ਦੋਸ਼ੀ ਕਿਸ਼ੋਰੀ ਲਾਲ, ਜਿਸ ਨੂੰ ਦਿੱਲੀ ਹਾਈਕੋਰਟ ਵੱਲੋਂ ਸੱਤ ਵਾਰ ਫਾਂਸੀ ਦਿੱਤੇ ਜਾਣ ਦੀ ਸਜ਼ਾ ਸੁਣਾਈ ਗਈ ਅਤੇ ਸੁਪਰੀਮ ਕੋਰਟ ਨੇ ਉਸ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿੱਚ ਬਦਲ ਦਿੱਤੀ ਸੀ, ਨੂੰ ਦਿੱਲੀ ਦੇ ਉਪ-ਰਾਜਪਾਲ ਵੱਲੋਂ ਰਿਹਾਅ ਕਰ ਦਿੱਤੇ ਜਾਣ ਦੇ ਆਦੇਸ਼ ਜਾਰੀ ਕਰਨ ਦੀ ਖ਼ਬਰ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਪਰਮਜੀਤ ਸਿੰਘ ਸਰਨਾ, ਸੀਨੀਅਰ ਮੀਤ ਪ੍ਰਧਾਨ ਭਜਨ ਸਿੰਘ ਵਾਲੀਆ, ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ, ਸਕੱਤਰ ਕਰਤਾਰ ਸਿੰਘ ਕੋਛੜ, ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਅਤੇ ਮਨਜੀਤ ਸਿੰਘ ਸਰਨਾ 'ਤੇ ਅਧਾਰਿਤ ਇੱਕ ਪ੍ਰਤੀਨਿਧੀ ਮੰਡਲ ਨੇ ਦਿੱਲੀ ਦੇ ਟਰਾਂਸਪੋਰਟ ਅਤੇ ਸਿੱਖਿਆ ਮੰਤਰੀ ਸ: ਅਰਵਿੰਦਰ ਸਿੰਘ ਲਵਲੀ ਦੀ ਅਗਵਾਈ ਵਿੱਚ ਦਿੱਲੀ ਦੇ ਉਪ-ਰਾਜਪਾਲ ਸ੍ਰੀ ਤੇਜਿੰਦਰ ਖੰਨਾ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਸ: ਸਰਨਾ ਨੇ ਜਾਣਕਾਰੀ ਦਿੱਤੀ ਕਿ ਪ੍ਰਤੀਨਿਧੀ ਮੰਡਲ ਨੇ ਸ੍ਰੀ ਤੇਜਿੰਦਰ ਖੰਨਾ ਨੂੰ ਦੱਸਿਆ ਕਿ ਕਈ ਸਿੱਖਾਂ ਦੇ ਕਾਤਲ ਕਿਸ਼ੋਰੀ ਨੂੰ ਰਿਹਾਅ ਕਰਨ ਦੇ ਕੀਤੇ ਗਏ ਫੈਸਲੇ ਕਾਰਣ ਸਿੱਖਾਂ ਵਿੱਚ ਭਾਰੀ ਰੋਸ ਹੈ ਜੋ ਸੜਕਾਂ 'ਤੇ ਵੀ ਆ ਸਕਦਾ ਹੈ। ਪ੍ਰਤੀਨਿਧੀ ਮੰਡਲ ਵੱਲੋਂ ਸ: ਸਰਨਾ ਨੇ ਉਪ-ਰਾਜਪਾਲ ਨੂੰ ਦੱਸਿਆ ਕਿ ਇੱਕ ਤਾਂ ਉਸ ਦੀਆਂ ਸੱਤ ਫਾਂਸੀ ਦੀਆਂ ਸਜ਼ਾਵਾਂ ਉਮਰ ਕੈਦ ਵਿੱਚ ਬਦਲ ਦਿੱਤੀਆਂ ਗਈਆਂ, ਜਦਕਿ ਉਸ ਦੇ ਵਿਰੁੱਧ ਅਨੇਕਾਂ ਸਿੱਖਾਂ ਦਾ ਕਤਲ ਕਰਨ ਦਾ ਦੋਸ਼ ਹੈ। ਫਿਰ ਹੁਣ ਉਸ ਨੂੰ ਰਿਹਾਅ ਕਰਕੇ ਸਿੱਖਾਂ ਦੀਆਂ ਭਾਵਨਾਵਾਂ 'ਤੇ ਸੱਟ ਮਾਰੀ ਜਾ ਰਹੀ ਹੈ। ਸ: ਸਰਨਾ ਨੇ ਦੱਸਿਆ ਕਿ ਉਪ-ਰਾਜਪਾਲ ਸ੍ਰੀ ਤੇਜਿੰਦਰ ਖੰਨਾ ਨੇ ਉਨ੍ਹਾਂ ਦੀ ਗੱਲ ਨੂੰ ਬਹੁਤ ਧਿਆਨ ਤੇ ਗੰਭੀਰਤਾ ਨਾਲ ਸੁਣਿਆ ਤੇ ਸਵੀਕਾਰ ਕੀਤਾ ਕਿ ਸਰਕਾਰ ਪਾਸੋਂ ਇਹ ਗਲਤੀ ਹੋਈ ਹੈ, ਜਿਸ ਨੂੰ ਤੁਰੰਤ ਹੀ ਸੁਧਾਰਿਆ ਜਾਏਗਾ। ਉਨ੍ਹਾਂ ਦੱਸਿਆ ਕਿ ਉਪ-ਰਾਜਪਾਲ ਨੇ ਉਨ੍ਹਾਂ ਦੇ ਸਾਹਮਣੇ ਹੀ ਜੇਲ੍ਹ ਅਧਿਕਾਰੀਆਂ ਨੂੰ ਫੋਨ ਕਰਕੇ ਹਿਦਾਇਤ ਕੀਤੀ ਕਿ ਕਿਸ਼ੋਰੀ ਦੀ ਰਿਹਾਈ ਬਾਰੇ ਦਿੱਤੇ ਗਏ ਆਦੇਸ਼ 'ਤੇ ਅਮਲ ਨਾ ਕੀਤਾ ਜਾਏ ਕਿਉਂਕਿ ਇਹ ਆਦੇਸ਼ ਵਾਪਸ ਲਿਆ ਜਾ ਰਿਹਾ ਹੈ। ਸ੍ਰੀ ਖੰਨਾ ਨੇ ਪ੍ਰਤੀਨਿਧੀ ਮੰਡਲ ਨੂੰ ਭਰੋਸਾ ਦੁਆਇਆ ਕਿ ਉਹਨਾਂ ਦੇ ਵਿਚਾਰਾਂ ਅਤੇ ਸਿੱਖਾਂ ਦੀਆਂ ਭਾਵਨਾਵਾਂ ਦਾ ਪੂਰਾ-ਪੂਰਾ ਧਿਆਨ ਰੱਖਿਆ ਜਾਏਗਾ ਤੇ ਉਨ੍ਹਾਂ ਦਾ ਸਨਮਾਨ ਕੀਤਾ ਜਾਏਗਾ।
No comments:
Post a Comment