 |
ਸਿੱਖ ਨਸਲਕੁਸ਼ੀ ਦਸਤਖਤੀ ਮੁਹਿੰਮ ਵਿਚ ਸ਼ਾਮਿਲ ਵੱਡੀ ਗਿਣਤੀ ਵਿਚ ਕੈਨੇਡਾ ਵਾਸੀ। |
ਵੈਨਕੂਵਰ, 9 ਮਈ - ਨਵੰਬਰ 2012 ਵਿਚ ਸਿੱਖਸ ਫਾਰ ਜਸਟਿਸ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਨਸਲਕੁਸ਼ੀ ਪਟੀਸ਼ਨ ਸੰਯੁਕਤ ਰਾਸ਼ਟਰ ਅੱਗੇ ਦਾਇਰ ਕੀਤੀ ਜਾਵੇਗੀ। ਜਿਸ ਵਿਚ ਸੰਯੁਕਤ ਰਾਸ਼ਟਰ ਤੋਂ ਮੰਗ ਕੀਤੀ ਜਾਵੇਗੀ ਕਿ ਨਵੰਬਰ 1984 ਦੇ ਪਹਿਲੇ ਹਫਤੇ ਦੌਰਾਨ ਸਮੁੱਚੇ ਭਾਰਤ ਵਿਚ ਸਿੱਖਾਂ 'ਤੇ ਸੰਗਠਿਤ ਤੇ ਯੋਜਨਾਬੱਧ ਤਰੀਕੇ ਨਾਲ ਕੀਤੇ ਗਏ ਹਮਲਿਆਂ ਦੀ ਜਾਂਚ ਕਰਵਾਈ ਜਾਵੇ ਤੇ ਨਸਲਕੁਸ਼ੀ ਬਾਰੇ ਸੰਯੁਕਤ ਰਾਸ਼ਟਰ ਕਨਵੈਨਸ਼ਨ ਤਹਿਤ ਇਸ ਨੂੰ ਨਸਲਕੁਸ਼ੀ ਵਜੋਂ ਮਾਨਤਾ ਦਿੱਤੀ ਜਾਵੇ। ਇਸ ਮੰਤਵ ਦੀ ਪ੍ਰਾਪਤੀ ਲਈ ਸਿੱਖਸ ਫਾਰ ਜਸਟਿਸ ਸੰਸਥਾ ਵੱਲੋਂ ਕੈਨੇਡਾ ਤੋਂ ਦਸਤਖਤੀ ਮੁਹਿੰਮ ਦਾ ਆਰੰਭ ਕਰ ਦਿੱਤਾ ਗਿਆ ਹੈ। ਇਸ ਸਬੰਧੀ ਵੱਖ-ਵੱਖ ਸ਼ਹਿਰਾਂ ਵਿਚ ਵਿਸ਼ਾਲ ਇਕੱਠਾਂ ਰਾਹੀਂ ਮਨੁੱਖੀ ਅਧਿਕਾਰ ਸੰਸਥਾਵਾਂ ਅਤੇ ਸਿੱਖ ਜਥੇਬੰਦੀਆਂ ਨੂੰ ਇਸ ਮੁਹਿੰਮ ਵਿਚ ਸ਼ਾਮਿਲ ਕੀਤਾ ਜਾਵੇਗਾ। ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਤਹਿਤ ਨਵੰਬਰ 1984 ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਜਦੋ ਜਹਿਦ ਕਰ ਰਹੀ ਮਨੁੱਖੀ ਅਧਿਕਾਰ ਸੰਸਥਾ ਸਿੱਖਸ ਫਾਰ ਜਸਟਿਸ ਨੇ ਨਵੰਬਰ 1984 ਦੌਰਾਨ ਸਿੱਖਾਂ 'ਤੇ ਸੰਗਠਿਤ ਕਤਲੇਆਮ ਦੀ ਜਾਂਚ ਲਈ ਵਿਸ਼ੇਸ਼ ਕਮਿਸ਼ਨ ਦਾ ਗਠਨ ਕਰਨ ਅਤੇ ਨਵੰਬਰ 1984 ਵਿਚ ਸਿੱਖਾਂ ਦੇ ਕਤਲੇਆਮ ਨੂੰ ਨਸਲਕੁਸ਼ੀ ਵਜੋਂ ਮਾਨਤਾ ਦੇਣ ਲਈ ਸੰਯੁਕਤ ਰਾਸ਼ਟਰ ਅੱਗੇ ਦਾਇਰ ਕੀਤੀ ਜਾਣ ਵਾਲੀ ਨਸਲਕੁਸ਼ੀ ਪਟੀਸ਼ਨ ਦੇ ਸਮਰਥਨ ਵਿਚ ਕੈਨੇਡਾ ਵਿਚ ਖਾਲਸਾ ਡੇਅ ਨਗਰ ਕੀਰਤਨ ਮੌਕੇ 'ਹਾਂ ਇਸ ਨਸਲਕੁਸ਼ੀ ਹੈ', ਮੁਹਿੰਮ ਦੀ ਸ਼ੁਰੂਆਤ ਕੀਤੀ। ਸਿੱਖਸ ਫਾਰ ਜਸਟਿਸ ਦੇ ਕੋਆਰਡੀਨੇਟਰ ਜਤਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਮੁਹਿੰਮ ਦੇ ਸ਼ੁਰੂਆਤ ਵਾਲੇ ਦਿਨ ਹੀ 10 ਹਜ਼ਾਰ ਦਸਤਖਤ ਇਕੱਠੇ ਹੋ ਗਏ ਸੀ। ਸਿੱਖ ਫਾਰ ਜਸਟਿਸ ਦੇ ਕਾਨੂੰਨ ਸਲਾਹਕਾਰ ਅਟਾਰਨੀ ਗੁਰਪਤਵੰਤ ਸਿੰਘ ੰਪੰਨੂ ਅਨੁਸਾਰ ਸੰਯੁਕਤ ਰਾਸ਼ਟਰ ਵਿਚ ਪਟੀਸ਼ਨ ਦਾਇਰ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮਨਾਮਾ ਉਸ ਵੇਲੇ ਆਇਆ ਹੈ ਜਦੋਂ ਭਾਰਤ ਵਿਚਲੀਆਂ ਸਮੇਂ-ਸਮੇਂ ਦੀਆਂ ਸਰਕਾਰਾਂ ਨਵੰਬਰ 1984 ਸਿੱਖਾਂ ਦੇ ਕਤਲੇਆਮ ਦੀ ਜਾਂਚ ਕਰਵਾਉਣ ਤੇ ਇਸ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿਚ ਨਾਕਾਮ ਰਹੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਟੋਰਾਂਟੋ ਕੈਨੇਡਾ ਵਿਚ ਸ਼ੁਰੂ ਕੀਤੀ ਗਈ 'ਹਾਂ ਇਹ ਨਸਲੀਕੁਸ਼ੀ ਹੈ' ਮੁਹਿੰਮ ਨੂੰ ਅਮਰੀਕਾ ਵਿਚ ਤੇ ਯੂਰਪੀਨ ਯੂਨੀਅਨ ਦੇ ਹੋਰ ਮੁਲਕਾਂ ਵਿਚ ਲਿਜਾਈ ਜਾਵੇਗੀ ਜਿਥੇ ਸਿੱਖ ਭਾਈਚਾਰੇ ਤੋਂ ਵੱਡੀ ਪੱਧਰ 'ਤੇ ਦਸਤਖਤ ਕਰਵਾਏ ਜਾਣਗੇ।
No comments:
Post a Comment